ਗੜ੍ਹਸ਼ੰਕਰ, 8 ਅਪ੍ਰੈਲ – ਪਿਛਲੇ ਲੰਮੇ ਸਮੇਂ ਤੋਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਸੀ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਉੱਪਰ ਪਏ ਡੂੰਘੇ ਟੋਇਆ ਕਾਰਨ ਆਏ ਦਿਨ ਸੜਕ ਹਾਦਸੇ ਵੀ ਹੋ ਰਹੇ ਸਨ ਪਰ ਕਿਸੇ ਨੇ ਵੀ ਸੜਕ ਦੀ ਖਸਤਾ ਹਾਲਤ ਵੱਲ ਧਿਆਨ ਨਹੀਂ ਦਿੱਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕ੍ਰਿਸ਼ਨ ਰੋੜੀ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ 31 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਕੇਂਦਰੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਸਮੇਤ ਕਈ ਮੋਹਤਬਾਰਾਂ ਵੱਲੋਂ ਸੜਕ ਦਾ ਨੀਂਹ ਪੱਥਰ ਤਾਂ ਜਰੂਰ ਰੱਖਿਆ ਗਿਆ ਪਰ ਕਿਸੇ ਨੇ ਵੀ ਸੜਕ ਬਣਾਉਣ ਵਿਚ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੀ ਜਨਮ ਭੂੰਮੀ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਸਮੇਤ ਹੋਰ ਧਾਰਮਿਕ ਸਥਾਨਾਂ ਨੂੰ ਜਾਂਦੀ ਇਸ ਸੜਕ ਨੂੰ ਬਣਾਉਣ ਦਾ ਕੰਮ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ।