ਅੰਮ੍ਰਿਤਸਰ, 8 ਅਪ੍ਰੈਲ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਿੱਠੀ ਲਿਖ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਆਪਣਾ ਚੈਨਲ ਤਿਆਰ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ਕਸ਼ ‘ਤੇ ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਖਾਲਸਾ ਪੰਥ ਜਾਂ ਖਾਲਸਾ ਪੰਥ ਦੀਆਂ ਸੰਸਥਾਵਾਂ ਕੋਲ ਪੈਸੇ ਦੀ ਕਮੀ ਨਹੀਂ ਹੈ।ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਮਿਲਣਾ ਇੱਕ ਵੱਡੀ ਸਮੱਸਿਆ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਸਰਕਾਰ ਇਸ ਵਿਚ ਸਾਡੀ ਮਦਦ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਇਸ ਨੂੰ ਲੈ ਕੇ ਕਾਗਜ਼ੀ ਕਾਰਵਾਈ ਪੂਰੀ ਨਹੀਂ ਹੁੰਦੀ, ਐੱਸ.ਜੀ.ਪੀ.ਸੀ ਆਪਣੇ ਯੂ-ਟਿਊਬ ਚੈਨਲ ਜਾਂ ਵੈੱਬ ਚੈਨਲ ਰਾਹੀ ਗੁਰਬਾਣੀ ਦਾ ਪ੍ਰਸਾਰਣ ਕਰੇ।