ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਸੁਰੱਖਿਆ ਛਤਰੀ ਵਿਚੋਂ ਕੁਝ ਸੁਰੱਖਿਆ ਕਰਮਚਾਰੀ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ।ਅੰਮ੍ਰਿਤਸਰ ਪੁੱਜੇ ਜਥੇਦਾਰ ਨੇ ਤੰਜ ਭਰੇ ਲਹਿਜ਼ੇ ਵਿਚ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਹੁਣ ਸਰਕਾਰੀ ਸੁਰੱਖਿਆ ਲੈਣ ਲਈ ਮਨ ਨਹੀਂ ਹੈ। ਉਨ੍ਹਾਂ ਸਾਰੇ ਸੁਰੱਖਿਆ ਕਰਮਚਾਰੀ ਅਤੇ ਵਾਹਨ ਵਾਪਸ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਘਟਾਉਣ ਸਬੰਧੀ ਉਨ੍ਹਾਂ ਦੇ ਦਫ਼ਤਰ ’ਚ ਫੋਨ ਰਾਹੀਂ ਸੂਚਿਤ ਕੀਤਾ ਗਿਆ ਸੀ।