ਗੰਨ ਕਲਚਰ ਖਿਲਾਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇੱਕ ਹਫ਼ਤੇ ਦੇ ਅੰਦਰ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਹੈ । ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਸਖਤੀ ਨਾਲ ਆਪਣੇ ਇਲਾਕੇ ਵਿੱਚ ਲਾਗੂ ਕਰ ਦਿੱਤਾ ਹੈ । ਉਨ੍ਹਾਂ ਨੇ 24 ਘੰਟਿਆਂ ਲਈ ਆਪਣੇ ਸਾਈਬਰ ਸੈੱਲ ਨੂੰ ਸਰਗਰਮ ਕਰ ਦਿੱਤਾ ਹੈ । ਇਹੀ ਕਾਰਨ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਇੱਕ ਪੁਲਿਸ ਕਾਂਸਟੇਬਲ ‘ਤੇ ਆਪਣੇ ਹੀ ਵਿਆਹ ਸਮਾਗਮ ਵਿੱਚ ਗੋਲੀ ਚਲਾਉਣ ਦੇ ਦੋਸ਼ ਸਮੇਤ ਕੁੱਲ 12 ਐੱਫਆਈਆਰ ਦਰਜ ਕੀਤੀਆਂ ਹਨ । ਇਸ ਦੇ ਨਾਲ ਹੀ ਦੂਜੇ ਪਾਸੇ ਪਿਛਲੇ ਦਿਨੀਂ ਰਾਜਾਸਾਂਸੀ ਦੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਪੁਲਿਸ ਰਿਮਾਂਡ ਵੀ ਲਿਆ ਗਿਆ ਹੈ । ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ । ਜਿਸ ਕਾਰਨ ਰੋਜ਼ਾਨਾ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ । ਇੱਕ ਹਫ਼ਤੇ ਦੇ ਅੰਦਰ ਐਸਐਸਪੀ ਦਫ਼ਤਰ ਵੱਲੋਂ 72 ਅਸਲਾ ਲਾਇਸੈਂਸਾਂ ਦੀ ਸੂਚੀ ਤਿਆਰ ਕਰਕੇ ਡੀਸੀ ਹਰਪ੍ਰੀਤ ਸੂਦਨ ਨੂੰ ਭੇਜ ਦਿੱਤੀ ਗਈ ਹੈ । ਇਸ ਦੇ ਨਾਲ ਹੀ ਇਨ੍ਹਾਂ ਲਾਇਸੈਂਸਾਂ ਨੂੰ ਰੱਦ ਕਰਨ ਦੀ ਵੀ ਸਿਫ਼ਾਰਸ਼ ਵੀ ਕੀਤੀ ਗਈ ਹੈ।