ਸੀਨੀਅਰ ਅਕਾਲੀ ਆਗੂ ਪ੍ਰੋ. ਚੰਦੂਮਾਜਰਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਸੰਕਲਪ ਸਾਰੇ ਹਮਖਿਆਲੀ ਲੋਕਾਂ ਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਪਲੈਟਫਾਰਮ ’ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਵੱਲੋਂ ਸੂਬੇ ਖਿਲਾਫ ਵਿੱਢੀ ਮੁਹਿੰਮ ਨੂੰ ਮਾਤ ਪਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਾਂਤੀਪੁਰਨ ਲੋਕ ਸੰਘਰਸ਼ ਛੇੜਨ ਅਤੇ ਕਾਨੂੰਨੀ ਵਿਕਲਪ ਵਿਚਾਰਨ ਸਮੇਤ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਹਰ ਚਾਰਾਜੋਈ ਕਰੇਗਾ। ਪ੍ਰੋ. ਚੰਦੂਮਾਜਰਾ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਵਿਚ ਨਿਰੰਤਰ ਨਿਘਾਰ ਆਉਣ ’ਤੇ ਚਿੰਤਾ ਜ਼ਾਹਰ ਕਰਦਿਆਂ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਗੈਂਗਸਟਰਾਂ, ਹੱਤਿਆਰਿਆਂ ਤੇ ਲੁਟੇਰਿਆਂ ਕਾਰਨ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ ਦੇਣ ਦੀ ਕੇਂਦਰ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਪਾਰਟੀ ਨੇ ਕਿਹਾ ਕਿ ਚੰਡੀਗੜ੍ਹ ਦੀ ਇਕ ਇੰਚ ਥਾਂ ਵੀ ਨਾ ਤਾਂ ਹਰਿਆਣਾ ਨੂੰ ਦੇਣ ਦਿੱਤੀ ਜਾਵੇਗੀ ਤੇ ਨਾ ਹੀ ਇਸਦਾ ਵਟਾਂਦਰਾ ਕਰਨ ਦਿੱਤਾ ਜਾਵੇਗਾ ਕਿਉਂਕਿ ਸਾਰੀ ਰਾਜਧਾਨੀ ਪੰਜਾਬ ਦੀ ਹੈ। ਇਹ ਗੱਲ ਸੰਸਦ ਦੇ ਦੋਵਾਂ ਸਦਨਾਂ ਨੇ ਵੀ ਮੰਨੀ ਹੈ ਤੇ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਵੀ ਮੰਨੀ ਹੈ। ਹਰਿਆਣਾ ਵੀ ਪੰਜਾਬ ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਹਵਾਲੇ ਕਰਨ ਲਈ ਪਾਬੰਦ ਹੈ।