ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਕਾਲੀ ਦਲ ਦੇ ਵਫਦ ਨੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਅਤੇ ਹਰਿਆਣਾ ਦੀ ਅਪੀਲ ਨੂੰ ਤੁਰੰਤ ਰੱਦ ਕੀਤਾ ਜਾਵੇ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਨ੍ਹਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾ ਸਕਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲ ਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ। ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈਅਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ।