ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਸ਼ਨੀਵਾਰ ਸਵੇਰੇ ਇੱਕ ਸਕੂਲ ਬੱਸ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਡਰਾਈਵਰ ਸਮੇਤ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਹੋਰ ਵਿਦਿਆਰਥੀ ਵੀ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੌਕੇ ‘ਤੋਂ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਪਰ ਫਤਿਆਬਾਦ ਦੀ ਪੁਲਿਸ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਧੁੰਦ ਕਾਰਨ ਸੜਕ ‘ਤੇ ਵਿਜ਼ੀਬਿਲਟੀ ਮੁਸ਼ਕਿਲ ਹੋ ਰਹੀ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।