ਪੰਜਾਬ ਵਿੱਚ ਧੁੰਦ ਅਤੇ ਸ਼ਰਾਬ ਪੀਣ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਅਹਿਮ ਅਤੇ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਅਮਰੀਕਾ ਕੈਨੇਡਾ ਵਾਂਗ ਹੁਣ ਪੰਜਾਬ ਵਿੱਚ ਵੀ ਗੱਡੀ ਚਲਾਉਣ ਵਾਲੇ ਦੀ ਪਹਿਲਾਂ ਚੈਕਿੰਗ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤਹਿਤ ਗ੍ਰਹਿ ਵਿਭਾਗ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਡਰੰਕ ਐਂਡ ਡਰਾਈਵ ਸਬੰਧੀ ਮੁਹਿੰਮ ਚਲਾਉਣ ਲਈ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਵਿਆਹ ਦਾ ਸੀਜਨ ਚੱਲ ਰਿਹਾ ਹੈ, ਜਿਸ ਦੌਰਾਨ ਕਈ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ, ਜਿਸ ਕਾਰਨ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ। ਇਨ੍ਹਾਂ ਨੂੰ ਰੋਕਣ ਲਈ ਮੈਰਿਜ ਪੈਲੇਸਾਂ ਦੇ ਬਾਹਰ ਗੱਡੀ ਚਲਾਉਣ ਵਾਲੇ ਵਿਅਕਤੀ ਦੇ ਸ਼ਰਾਬ ਨਾ ਪੀਣ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ, ਜਿਸ ਲਈ breath analyzer ਲਾਏ ਜਾਣ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਂਦਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਣ ਤੋਂ ਗੁਰੇਜ਼ ਕਰਨ ਅਤੇ ਦੁਰਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਦੀ ਰਿਪੋਰਟ ਹਰ ਸੋਮਵਾਰ ਸਰਕਾਰ ਨੂੰ ਭੇਜੀ ਜਾਣੀ ਜ਼ਰੂਰੀ ਹੋਵੇਗੀ।