ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਪੰਜਾਬ ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ CM ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬਤੌਰ ਹਲਕਾ ਇੰਚਾਰਜ ਪਾਰਟੀ ਲਈ ਪ੍ਰਚਾਰ ਕੀਤਾ। ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ।