ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ । ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਦੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ਵਿੱਚ ਰੰਗ ਗਈ ਸੀ । ਉਨ੍ਹਾਂ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਹਿਲੀ ਸਮੱਸਿਆ ਪਾਸਪੋਰਟ ਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਚੁੱਕੇ ।