ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਸੰਸਦ ਵਿਚ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਕੇਂਦਰ ਸਰਕਾਰ ਅੱਗੇ ਰੱਖਿਆ। ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਨੇ ਪਿਛਲੇ ਸਾਲ ਕੇਂਦਰ ਸਰਕਾਰ ਦੇ ਭਰੋਸੇ ਤੋਂ ਬਾਅਦ ਆਪਣਾ ਅੰਦੋਲਨ ਵਾਪਸ ਲੈ ਲਿਆ ਸੀ ਪਰ ਹੁਣ ਤੱਕ ਉਹਨਾਂ ਦੀਆਂ ਬਹੁਤੀਆਂ ਮੰਗਾਂ ਲਟਕ ਰਹੀਆਂ ਹਨ। ਇਹ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਨੀਤ ਕੌਰ ਨੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਇਸ ਦੇ ਨਾਲ ਹੀ ਬਿਜਲੀ ਸਬੰਧੀ ਲਿਆਂਦੇ ਗਏ ਬਿੱਲ ’ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੁੜ ਵਿਚਾਰਿਆ ਜਾਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਲਖੀਮਪੁਰ ਖੇੜੀ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨਿਰਦੋਸ਼ ਕਿਸਾਨਾਂ ਨੂੰ ਰਿਹਾਅ ਕਰਕੇ ਉਹਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ। ਇਸ ਤੋਂ ਇਲਾਵਾ ਕਿਸਾਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ ਹੋਏ ਝੂਠੇ ਕੇਸ ਵੀ ਵਾਪਸ ਲਏ ਜਾਣੇ ਚਾਹੀਦੇ ਹਨ। ਫਸਲ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਸਕੀਮ ਨੂੰ ਕਿਸਾਨਾਂ ਨਾਲ ਚਰਚਾ ਮਗਰੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।