ਜੇ ਸਿੱਖਿਆ ਸੰਸਥਾਵਾਂ ਨੇ ਪੰਜਾਬੀ ਬੋਲਣ ‘ਤੇ ਕੋਈ ਪਾਬੰਦੀ ਲਗਾਈ ਤਾਂ ਮਾਨਤਾ ਹੋਵੇਗੀ ਰੱਦ – CM ਮਾਨ ਦੀ ਚਿਤਾਵਨੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਵਿਕਾਸ ਲਈ CM ਭਗਵੰਤ ਮਾਨ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ । ਰਅਸਲ, ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕੁਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ‘ਤੇ ਜੁਰਮਾਨੇ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ । ਉਨ੍ਹਾਂ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ‘ਤੇ ਜੁਰਮਾਨੇ ਲਾਉਣਗੀਆਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ । ਇਸ ਤੋਂ ਅੱਗੇ CM ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ।

Leave a Reply

Your email address will not be published. Required fields are marked *