ਅੰਮ੍ਰਿਤਸਰ ਜ਼ਿਲ੍ਹੇ ’ਚ ਗੈਂਗਸਟਰ ਲਖਬੀਰ ਲੰਡਾ ਦੇ 4 ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੋਹਕਮਪੁਰਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਕਈ ਘਰਾਂ ਦੀ ਅਤੇ ਕਈ ਵਾਹਨਾਂ ਦੀ ਤਲਾਸ਼ੀ ਵੀ ਲਈ ਗਈ। ਸਰਚ ਅਭਿਆਨ ਦੌਰਾਨ ਪੁਲਿਸ ਨੂੰ ਪਤਾ ਚੱਲਿਆ ਹੈ ਕਿ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਮੁਲਜ਼ਮ ਘਰ ਛੱਡ ਕੇ ਫਰਾਰ ਹੋ ਗਏ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਬੂ ਕੀਤੇ ਗਏ ਚਾਰ ਗੈਂਗਸਟਰਾਂ ਦੇ ਸਾਥੀ ਇਸ ਇਲਾਕੇ ਵਿੱਚ ਲੁਕੇ ਹੋਏ ਸੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਅੱਤਵਾਦੀ ਲਖਬੀਰ ਲੰਡਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 4 ਦੇਸੀ ਪਿਸਤੌਲ, 9 ਰੌਂਦ ਅਤੇ ਇੱਕ ਸਵਿੱਫਟ ਕਾਰ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਚਾਰੇ ਮੁਲਜ਼ਮ ਭਿੱਖੀਵਿੰਡ, ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਮੁਲਜ਼ਮਾਂ ਨੂੰ ਗੁਪਤ ਸੁਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਗ੍ਰਿਫਤਾਰ ਕੀਤਾ ਸੀ। ਫਿਲਹਾਲ ਇਨ੍ਹਾਂ ਕੋਲੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।