ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ

ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬੁੜੈਲ ਜੇਲ੍ਹ ਭੇਜਣ ਨੂੰ ਲੈ ਕੇ ਲਗਾਤਾਰ ਮੀਡੀਆ ਵਿਚ ਖਬਰਾਂ ਚੱਲ ਰਹੀਆਂ ਹਨ ਤੇ ਇਸ ਨੂੰ ਲੈ ਕੇ ਅੱਜ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੇ ਸੋਹਾਣਾ ਦੇ ਵਿਚ ਹਵਾਰਾ ‘ਤੇ ਦੋ ਕੇਸ ਚੱਲ ਰਹੇ ਹਨ, ਉਹਨਾਂ ਕੇਸਾਂ ਨੂੰ ਲੈ ਕੇ ਹੀ ਉਸ ਨੂੰ ਬੁੜੈਲ ਜੇਲ੍ਹ ਵਿਚ ਸ਼ਿਫਟ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਨੇ ਸੁਰੱਖਿਆ ਪੂਰੀ ਨਾ ਹੋਣ ਦਾ ਹਵਾਲਾ ਦੇ ਕੇ ਉਸ ਨੂੰ ਸ਼ਿਫਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਸ਼ਰੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਾਲ 2015 ਅੰਦਰ ਹੀ ਜਗਤਾਰ ਸਿੰਘ ਹਵਾਰਾ ‘ਤੇ ਦੋ ਕੇਸ ਖ਼ਤਮ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਗ਼ੈਰ ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ੍ਹ ‘ਚ ਰੱਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੱਕਾ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਨੂੰ ਲੈ ਕੇ ਸਿੱਖ ਸੰਗਤ ਵਿਚ ਕਾਫ਼ੀ ਹੁੰਗਾਰਾ ਹੈ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਪੰਜਾਬ ਦਿੱਲੀ ਅਤੇ ਹਰਿਆਣਾ ਦੇ ਸਿੱਖ ਆਗੂਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਨੇਵਾਲ ਲੁਧਿਆਣਾ ਵਿਚ ਹੋਵੇਗੀ ਜਿਸ ਤੋਂ ਬਾਅਦ ਚੰਡੀਗੜ੍ਹ ਵਿਖੇ ਪੱਕਾ ਇਨਸਾਫ਼ ਮੋਰਚਾ ਲਗਾਇਆ ਜਾਵੇਗਾ। ਉਥੇ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਨੂੰ ਲੈ ਕੇ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਦਾ ਸਮਾਂ ਹੁਣ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦਿਨਾਂ ਦੇ ਵਿਚਕਾਰ ਸਿੱਖ ਨੌਜਵਾਨਾਂ ਨਾਲ ਕਿੰਨਾ ਧੱਕਾ ਹੋਇਆ ਹੈ ਇਸ ਬਾਰੇ ਵੀ ਰਵਨੀਤ ਬਿੱਟੂ ਨੂੰ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਸਰਾਫ਼ਤ ਸਿਆਸਤ ਚਮਕਾਉਣ ਲਈ ਇਹ ਸਭ ਕਰ ਰਹੇ ਹਨ। 

Leave a Reply

Your email address will not be published. Required fields are marked *