ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਪੰਜਾਬ ਤੇ ਪੰਜਾਬੀਆਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਰੋਪੜ ਵਿਚ ਝਾਰਖੰਡ ਦੇ ਪਛਵਾੜਾ ਕੋਲਾ ਖਾਨ ਤੋਂ ਪਹੁੰਚੀ ਕੋਲੇ ਨਾਲ ਭਰੀ ਮਾਲਗੱਡੀ ਦਾ ਸਵਾਗਤ ਕਰਨ ਪਹੁੰਚੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕ ਰਿਹਾ ਹੈ ਕਿਉਂਕਿ ਸੂਬੇ ਦੇ ਕਿਸੇ ਵੀ ਥਰਮਲ ਪਲਾਂਟ ਨੂੰ ਕੋਲੇ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਨਿਰਧਾਰਤ ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਤੇ ਇਸ ਖਾਨ ਵਿਚ ਸੂਬੇ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਾਧੂ ਕੋਲਾ ਹੈ। CM ਮਾਨ ਨੇ ਕਿਹਾ ਕਿ ਇਸ ਖਾਨ ਦੀ ਕੁੱਲ ਸਮਰੱਥਾ 70 ਲੱਖ ਟਨ ਸਾਲਾਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪੰਜਾਬ ਦੇ ਥਰਮਲ ਪਾਵਰ ਪਲਾਂਟਾਂ ਲਈ ਵਿਦੇਸ਼ ਤੋਂ ਕੋਲਾ ਦਰਾਮਦ ਕਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਮੌਜੂਦਾ ਸਮੇਂ ਵਿਚ ਵਿਕਾਸ ਤੇ ਖੁਸ਼ਹਾਲੀ ਦਾ ਮੁੱਖ ਆਧਾਰ ਹੈ। ਇਸ ਲਈ ਸਰਕਾਰ ਇਸ ਦਾ ਉਤਪਾਦਨ ਵਧਾਉਣ ‘ਤੇ ਫੋਕਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਤੇਜ਼ੀ ਨਾਲ ਉਦਯੋਗਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਪਚਵਾੜਾ ਕੋਲਾ ਖਾਨ ਤੋਂ ਕੋਲੇ ਦੇ ਪਹਿਲੇ ਰੈਕ ਦੇ ਸੂਬੇ ਲਈ ਆਉਣ ‘ਤੇ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣ ਜਾਵੇਗਾ। ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਦੀ ਤੁਲਨਾ ਵਿਚ 83 ਫੀਸਦੀ ਵਧ ਬਿਜਲੀ ਦਾ ਉਤਪਾਦਨ ਕੀਤਾ। ਸੀਐੱਮ ਨੇ ਉਮੀਦ ਪ੍ਰਗਟਾਈ ਕਿ ਪਛਵਾੜਾ ਕੋਲੇ ਦੀ ਖਾਨ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਉਤਪਾਦਨ ਕਈ ਗੁਣਾ ਵਧ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਚਵਾੜਾ ਕੋਲਾ ਖਾਨ ਸੂਬੇ ਨੂੰ ਅਲਾਟ ਕੀਤੀ ਗਈ ਸੀ ਪਰ ਇਹ 2015 ਤੋਂ ਬੰਦ ਪਈ ਹੈ। ਉਨ੍ਹਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ ਪਰ ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ‘ਤੇ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਮਾਰਚ 2022 ਵਿਚ ਇਸ ਮਾਮਲੇ ਨੂੰ ਚੁੱਕਿਆ ਤੇ ਮਾਮਲਾ ਦਾ ਸਹੀ ਤਰੀਕੇ ਨਾਲ ਪਾਲਣ ਕਰਦੇ ਹੋਏ ਕੋਲੇ ਦੀ ਸਪਲਾਈ ਬਹਾਲ ਕਰ ਦਿੱਤੀ ਗਈ।