ਗੁਜਰਾਤ ਤੋਂ ਬਾਅਦ ਪੰਜਾਬ ਦੇਸ਼ ਵਿੱਚ ਬਿਹਤਰ ਕਾਨੂੰਨ ਵਿਵਸਥਾ ਵਾਲਾ ਦੂਜਾ ਸੂਬਾ ਬਣ ਗਿਆ ਹੈ। ਪੰਜਾਬ ਪੁਲਿਸ ਵੱਲੋਂ ਦੇਸ਼ ਦੇ ਸਾਰੇ ਰਾਜਾਂ ‘ਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਵੇਖਣ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਗੁਜਰਾਤ ਨੂੰ ਪਹਿਲੇ ਸਥਾਨ ‘ਤੇ, ਪੰਜਾਬ ਨੂੰ ਦੂਜੇ ਅਤੇ ਉੱਤਰ ਪ੍ਰਦੇਸ਼ ਨੂੰ ਤੀਜੇ ਸਥਾਨ ‘ਤੇ ਦਿਖਾਇਆ ਗਿਆ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਮੁੱਚੇ ਪੰਜਾਬੀਆਂ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਨੂੰ ਇਸ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੇ 2022 ਵਿੱਚ ਵੀ ਆਪਣਾ ਦੂਜਾ ਸਥਾਨ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਹ ਸੁਸਾਇਟੀ ਦੇ ਵੀ ਧੰਨਵਾਦੀ ਹਨ, ਜਿਨ੍ਹਾਂ ਨੇ ਸਮੇਂ-ਸਮੇਂ ‘ਤੇ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਹੈ। ਇਸਦੇ ਨਾਲ ਹੀ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਸਾਲ ਸ਼ਾਨਦਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਨੇ ਮਿਲ ਕੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ 2023 ਵਿੱਚ ਵੀ ਪੰਜਾਬ ਪੁਲਿਸ ਅਮਨ-ਕਾਨੂੰਨ ਦੇ ਮੋਰਚੇ ‘ਤੇ ਬਿਹਤਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿੱਤੇ ਟੀਚੇ ਨੂੰ ਪੂਰਾ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।