ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਵਿਸਥਾਰ ਸਹਿਤ ਵੇਰਵੇ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ।