ਜ਼ਿਲ੍ਹਾਂ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ। ਦੱਸ ਦਈਏ ਕਿ ਇਸ ਵਾਰ ਫਿਰ ਤੋਂ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਮੋਬਾਇਲ ਅਤੇ ਨਸ਼ੇ ਦੀ ਸਮੱਗਰੀ ਬਰਾਮਦ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਲਗਾਤਾਰ ਤੀਜੇ ਦਿਨ ਤਲਾਸ਼ੀ ਦੌਰਾਨ ਮੋਬਾਇਲ ਬਰਾਮਦ ਹੋਇਆ ਹੈ ਜਿਸ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਚ ਲਿਆ ਕੇ ਖੜਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਰੱਖਿਆ ਪ੍ਰਬੰਧ ਦੇ ਚੱਲਦੇ ਪੁਲਿਸ ਵੱਲੋਂ ਜੇਲ੍ਹ ਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ 4 ਮੋਬਾਇਲ ਫੋਨ, 68 ਤੰਬਾਕੂ ਦੀਆਂ ਪੁੜੀਆਂ, 1 ਸਿਗਰੇਟ ਦੀ ਡੱਬੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ 5 ਹਵਾਲਾਤੀ ਸਣੇ 6 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ ‘ਚੋਂ ਲਗਾਤਾਰ ਮੋਬਾਇਲ ਫੋਨ ਮਿਲ ਰਹੇ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਇਹ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ।