ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਰਮਿਆਨ ਅੱਜ ਦਿੱਲੀ ਵਿੱਚ ਦੂਜੇ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵੇਂ ਸੂਬਿਆਂ ਦੇ ਮੰਤਰੀਆਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਚ ਹੀ ਮੌਜੂਦ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਦੇ ਦਿੱਲੀ ਦਫ਼ਤਰ ਵਿਚ ਇਹ ਮੀਟਿੰਗ ਬਾਅਦ ਦੁਪਹਿਰ ਤਿੰਨ ਵਜੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿਚ ਹੋਵੇਗੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਹੁਕਮਾਂ ਉਤੇ ਪਾਣੀਆਂ ਦੇ ਮੁੱਦੇ ਦੇ ਹੱਲ ਲਈ ਚੰਡੀਗੜ੍ਹ ਵਿਚ 14 ਅਕਤੂਬਰ ਨੂੰ ਮੀਟਿੰਗ ਹੋਈ ਸੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਣੀ ਹੈ ਜਿਸ ਵਿਚ ਕੇਂਦਰ ਸਰਕਾਰ ਵੱਲੋਂ ਚਾਰ ਮਹੀਨੇ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਣੀ ਹੈ। ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ 14 ਅਕਤੂਬਰ 2022 ਨੂੰ SYL ਨੂੰ ਲੈ ਕੇ 2 ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੀ ਉਸਾਰੀ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਦੋਵੇਂ ਮੁੱਖ ਮੰਤਰੀਆਂ ਨੇ ਦੱਸਿਆ ਸੀ ਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਸਰਕਾਰ ਬੀਤੇ ਪੂਰਾ ਦਿਨ ਮੀਟਿੰਗ ਦੀ ਤਿਆਰੀ ਵਿਚ ਜੁਟੀ ਰਹੀ। ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਪਿਛਲੇ ਤਿੰਨ ਦਿਨਾਂ ਤੋਂ ਮੀਟਿੰਗ ਦੀ ਤਿਆਰੀ ਵਿਚ ਲੱਗੇ ਰਹੇ। ਪਤਾ ਲੱਗਾ ਹੈ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਰੇ ਨੁਕਤੇ ਸਾਂਝੇ ਕੀਤੇ ਸਨ ਜੋ ਅੱਜ ਦੀ ਮੀਟਿੰਗ ਵਿਚ ਉਠਾਏ ਜਾਣੇ ਹਨ।