ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਵਧੀਆਂ ਬਿਜਲੀ ਦਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ। ਦਰਅਸਲ ਪਾਵਰਕਾਮ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਵਿੱਤੀ ਸਾਲ 2023-24 ਵਿੱਚ ਬਿਜਲੀ ਦਰਾਂ ਵਿੱਚ 43 ਪੈਸੇ ਪ੍ਰਤੀ ਯੂਨਿਟ ਵਾਧਾ ਕਰਨ ਲਈ ਪ੍ਰਸਤਾਵ ਭੇਜਿਆ ਗਿਆ ਹੈ। ਪਾਵਰਕਾਮ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਨਵੀਆਂ ਦਰਾਂ 1 ਅਪ੍ਰੈਲ 2023 ਤੋਂ ਲਾਗੂ ਹੋ ਸਕਦੀਆਂ ਹਨ। ਪਾਵਰਕਾਮ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਸੂਬੇ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਿਆ ਜਾ ਰਿਹਾ ਹੈ। ਪਾਵਰਕਾਮ ਨੇ ਚਾਲੂ ਵਿੱਤੀ ਸਾਲ ਵਿੱਚ ਹੁਣ ਤੱਕ 21,700 ਕਰੋੜ ਰੁਪਏ ਦੀ ਬਿਜਲੀ ਖਰੀਦੀ ਹੈ। ਇਸ ਸਮੇਂ ਤੱਕ 2021 ਵਿੱਚ ਪਾਵਰਕਾਮ ਨੇ 20 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਖਰੀਦੀ ਸੀ। ਪਾਵਰਕਾਮ ਨੇ ਇਸ ਸਾਲ ਹੁਣ ਤੱਕ 2800 ਕਰੋੜ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 74 ਲੱਖ ਘਰੇਲੂ ਅਤੇ 11.5 ਲੱਖ ਵਪਾਰਕ ਖਪਤਕਾਰ ਹਨ। ਵੱਖ-ਵੱਖ ਸ਼੍ਰੇਣੀਆਂ ਵਿੱਚ ਬਿਜਲੀ ਦੀ ਪ੍ਰਤੀ ਯੂਨਿਟ ਦਰ 3.49 ਰੁਪਏ ਤੋਂ 6.49 ਰੁਪਏ ਤੱਕ ਹੈ। ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।