ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਬਕਾ ਮੰਤਰੀ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਹੇਠਲੀ ਅਦਾਲਤ ਦਾ ਰੁਖ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਰਿਸ਼ਵਤ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਹਾਲ ਹੀ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਊਰੋ ਐਫ.ਐਸ.-1 ਪੰਜਾਬ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਨੰਬਰ 1 ਮਿਤੀ 5-1-2023 ਨੂੰ 13 (1) (ਏ), 13 (2) ਦਰਜ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਇਕ ਉਦਯੋਗਿਕ ਪਲਾਟ ਇਕ ਰੀਅਲ ਅਸਟੇਟ ਕੰਪਨੀ ਨੂੰ ਟਰਾਂਸਫਰ ਕਰਨ ਅਤੇ ਟਾਊਨਸ਼ਿਪ ਸਥਾਪਤ ਕਰਨ ਦੀ ਇਜ਼ਾਜਤ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਇਕ ਕੇਸ ਵਿਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਹਨਾਂ ਨੂੰ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਸੀ।