ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਸੈਸ਼ਨ ਜੱਜ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਆਮ ਤੌਰ ਉਤੇ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ‘ਚ ਪੰਜ ਸਾਲ ਲੱਗ ਸਕਦੇ ਹਨ।

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਵੀ ਮੁਲਜ਼ਮ ਹੈ। ਸੁਪਰੀਮ ਕੋਰਟ ਨੂੰ ਲਿਖੇ ਪੱਤਰ ਵਿਚ ਵਧੀਕ ਸੈਸ਼ਨ ਜੱਜ ਨੇ ਕਿਹਾ ਹੈ ਕਿ ਕੇਸ ਵਿਚ ਇਸਤਗਾਸਾ ਪੱਖ ਦੇ 208 ਗਵਾਹ, 171 ਦਸਤਾਵੇਜ਼ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਦੀਆਂ 27 ਰਿਪੋਰਟਾਂ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵੀ. ਰਾਮਸੁਬਰਾਮਣੀਅਨ ਦੇ ਬੈਂਚ ਨੇ ਕਿਹਾ, ‘ਉਹ (ਸੈਸ਼ਨ ਜੱਜ) ਕਹਿ ਰਹੇ ਹਨ ਕਿ ਆਮ ਹਾਲਤਾਂ ਵਿਚ ਪੰਜ ਸਾਲ ਲੱਗ ਸਕਦੇ ਹਨ।’ ਸਿਖਰਲੀ ਅਦਾਲਤ ਨੇ ਪਿਛਲੇ ਮਹੀਨੇ ਸੈਸ਼ਨ ਅਦਾਲਤ ਨੂੰ ਪੁੱਛਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨੂੰ ਪੂਰਾ ਕਰਨ ਲਈ ਉਸ ਅਦਾਲਤ ਵਿੱਚ ਹੋਰ ਕੇਸਾਂ ਦੀ ਸੁਣਵਾਈ ਸਮਾਂ-ਸੂਚੀ ਨਾਲ ਸਮਝੌਤਾ ਕੀਤੇ ਬਿਨਾਂ ਆਮ ਤੌਰ ‘ਤੇ ਕਿੰਨਾ ਸਮਾਂ ਲੱਗ ਸਕਦਾ ਹੈ। ਬੈਂਚ ਲਖੀਮਪੁਰ ਖੀਰੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇੱਕ ਐਸਯੂਵੀ ਨਾਲ ਕੁਚਲਣ ਦੇ ਮਾਮਲੇ ਵਿੱਚ ਅਕਤੂਬਰ 2021 ਵਿੱਚ ਆਸ਼ੀਸ਼ ਮਿਸ਼ਰਾ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਸੁਣਵਾਈ ਦੌਰਾਨ, ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਇਹ ਪੁਸ਼ਟੀ ਕਰਨ ਲਈ ਕਿਹਾ ਕਿ ਕੀ ਕਥਿਤ ਤੌਰ ‘ਤੇ ਕਿਸਾਨਾਂ ਨੂੰ ਦਰੜਨ ਵਾਲੀ SUV ਵਿੱਚ ਸਵਾਰ ਤਿੰਨ ਲੋਕਾਂ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਵੱਖਰੇ ਕੇਸ ਵਿੱਚ ਨਾਮਜ਼ਦ ਚਾਰ ਮੁਲਜ਼ਮ ਅਜੇ ਵੀ ਹਿਰਾਸਤ ਵਿੱਚ ਹਨ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 19 ਜਨਵਰੀ ਦੀ ਤਰੀਕ ਤੈਅ ਕੀਤੀ ਹੈ।

Leave a Reply

Your email address will not be published. Required fields are marked *