ਅੰਮ੍ਰਿਤਸਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੀ ਪ੍ਰਦਰਸ਼ਨੀ ਉੁਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਹੋਵੇਗੀ। ਇਸ ਤੋਂ ਇਲਾਵਾ ਵਿਆਹ, ਸ਼ਾਦੀ, ਸਮਾਗਮਾਂ ਤੇ ਸਮਾਰੋਹਾਂ ਵਿਚ ਹਥਿਆਰਾਂ ਜਾਂ ਹਿੰਸਾ ਦਾ ਪ੍ਰਦਰਸ਼ਨ ਕਰਨ ਵਾਲੇ ਗੀਤਾਂ ਉਤੇ ਵੀ ਪਾਬੰਦੀ ਲਗਾਈ ਗਈ ਹੈ। ਜਨਤਕ ਭੀੜ, ਧਾਰਮਿਕ ਸਥਾਨਾਂ, ਵਿਆਹਾਂ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਵੀ ਹਥਿਆਰ ਲਿਜਾਣ ਤੇ ਪ੍ਰਦਰਸ਼ਨ ਕਰਨ ‘ਤੇ ਪੂਰੀ ਪਾਬੰਦੀ ਰਹੇਗੀ। ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੱਖ-ਵੱਖ ਇਲਾਕਿਆਂ ਵਿਚ ਸਬੰਧਤ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਅਚਾਨਕ ਚੈਕਿੰਗ ਕਰਨੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।ਇਹ ਹੁਕਮ 17 ਮਾਰਚ 2023 ਤੱਕ ਪੂਰੇ ਜ਼ਿਲ੍ਹੇ ਅੰਮ੍ਰਿਤਸਰ ਵਿਚ ਲਾਗੂ ਰਹੇਗਾ।