ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ਅੰਦਰ ਧੜੇਬੰਦੀ ਲਈ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ‘ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’ ਦੱਸ ਦਈਏ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਰਾਹੀਂ ਦਿੱਤੀ ਹੈ। ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਖ਼ਬਰਾਂ ਨੇ ਇੱਕ ਵਾਰ ਕਾਂਗਰਸ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਜੱਗ-ਜਾਹਰ ਕਰ ਦਿੱਤਾ ਹੈ। ਮਨਪ੍ਰੀਤ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ । ਉਹ ਭਾਜਪਾ ਹੈੱਡਕੁਆਰਟਰ ਪਹੁੰਚੇ ਹਨ। ਮਨਪ੍ਰੀਤ ਸਿੰਘ ਬਾਦਲ ਪਹਿਲਾਂ ਅਕਾਲੀ ਦਲ ਵਿਚ ਹੀ ਸਨ ਅਤੇ ਗਿੱਦੜਬਾਹਾ ਹਲਕੇ ਤੋਂ ਵਿਧਾਇਕ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਉਹ ਬਤੌਰ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ।