ਲਤੀਫਪੁਰਾ ਉਜਾੜੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ‘ਵਿਸ਼ੇਸ਼ ਪੈਕੇਜ’ ਦਿੱਤਾ ਜਾਵੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਇਸ ਦਾ ਐਲਾਨ ਕਰ ਸਕਦੇ ਹਨ। 16 ਜਨਵਰੀ ਨੂੰ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਮੀਟਿੰਗ ਕਰਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਲਤੀਫਪੁਰਾ ਮਸਲਾ ਹੱਲ ਕਰਨ ਵਾਸਤੇ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ’ਚ ਮੁੱਖ ਮੰਤਰੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਮਗਰੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੇ ਹਨ। ਉਧਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਸ਼ੁਰੂ ਜਾਰੀ ਹੈ ਅਤੇ ਪੀੜਤਾਂ ਨੂੰ ਪੇਸ਼ਕਸ਼ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਪੈਕੇਜ ਵਿਚ ਇਕ ਇਕ ਫਲੈਟ ਅਤੇ ਦੋ ਦੋ ਲੱਖ ਰੁਪਏ ਦੀ ਰਾਸ਼ੀ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਗਰ ਸੁਧਾਰ ਟਰੱਸਟ ਜਲੰਧਰ ਨੇ ਬੁਲਡੋਜ਼ਰ ਚਲਾ ਕੇ ਦਰਜਨਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਕਿਹਾ ਜਾ ਰਿਹਾ ਹੈ ਕਿ ਗ਼ਰੀਬ ਪਰਿਵਾਰਾਂ ਦੀ ਆੜ ਵਿਚ ਦੋ ਰਸੂਖਵਾਨ ਪਰਿਵਾਰਾਂ ਨੇ ਹੀ 132 ਮਰਲੇ ਜਗ੍ਹਾ ’ਤੇ ਕਬਜ਼ਾ ਕੀਤਾ ਹੋਇਆ ਸੀ। ਲਤੀਫਪੁਰਾ ਉਜਾੜੇ ਦੇ ਨਿਆਂ ਲਈ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਖੁਰਾਕ ਤੇ ਸਪਲਾਈ ਵਿਭਾਗ ਨੇ ਲਤੀਫਪੁਰਾ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਜਮਾਉਣ ਵਾਲੇ ਦਿਨੇਸ਼ ਧੀਰ ਦੇ ਪਰਿਵਾਰ ਦੀਆਂ ਚੌਲ ਮਿੱਲਾਂ ਦੀ ਜਾਂਚ ਮੁਕੰਮਲ ਕਰ ਲਈ ਹੈ। ਪਰਿਵਾਰ ਦੀਆਂ ਕਪੂਰਥਲਾ ਜ਼ਿਲ੍ਹੇ ਵਿਚ ਸੱਤ ਚੌਲ ਮਿੱਲਾਂ ਹਨ। ਇਹ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ।