ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਆਪਣਾ ਵਧਾਈ ਸੰਦੇਸ਼ ਭੇਜਿਆ ਹੈ। ਇਸ ਦੌਰਾਨ ਰਾਸ਼ਟਰਪਤੀ ਪੁਤਿਨ ਨੇ ਕਿਹਾ ਕਿ ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ, ਮਹੱਤਵਪੂਰਨ ਖੇਤਰੀ ਅਤੇ ਵਿਸ਼ਵ ਮੁੱਦਿਆਂ ਨੂੰ ਹੱਲ ਕਰਨ ਲਈ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਅਸੀਂ ਆਪਣੀ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਦੀ ਬਹੁਤ ਕਦਰ ਕਰਦੇ ਹਾਂ। ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਦੋਵਾਂ ਦੇਸ਼ਾਂ ਦੇ ਸਾਂਝੇ ਯਤਨਾਂ ਨਾਲ ਅਸੀਂ ਆਪਸੀ ਲਾਭਕਾਰੀ ਦੁਵੱਲੇ ਸਹਿਯੋਗ ਦੇ ਹੋਰ ਵਿਕਾਸ ਨੂੰ ਯਕੀਨੀ ਬਣਾਵਾਂਗੇ। ਇਹ ਗਣਤੰਤਰ ਦਿਵਸ ਭਾਰਤ ਲਈ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਮੌਕੇ ਸਿਰਫ਼ ਭਾਰਤ ਵਿੱਚ ਬਣੇ ਹਥਿਆਰਾਂ ਨੂੰ ਹੀ ਪਰੇਡ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਮਿਸਰ ਦੇ ਹਥਿਆਰਬੰਦ ਬਲਾਂ ਦੀ ਮਹਿਮਾਨ ਟੁਕੜੀ ਵੱਲੋਂ ਦਿੱਲੀ ਵਿੱਚ ਪਰੇਡ ਦੀ ਸ਼ੁਰੂਆਤ ਕੀਤੀ ਗਈ, ਜਿਸ ਤੋਂ ਬਾਅਦ ਹਥਿਆਰਬੰਦ ਬਲਾਂ ਵੱਲੋਂ ਤਾਕਤ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਾਲ ਪਰੇਡ ‘ਚ ਸਿਰਫ ਭਾਰਤ ‘ਚ ਬਣੇ ਹਥਿਆਰ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ। ਸਵਦੇਸ਼ੀ 105-mm ਇੰਡੀਅਨ ਫੀਲਡ ਗਨਜ਼ (IFGs) ਨੇ ਰਾਸ਼ਟਰਪਤੀ ਮੁਰਮੂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ। ਇਹ ਪਹਿਲੀ ਵਾਰ ਸੀ ਜਦੋਂ ਕਿਸੇ ਮਿਸਰ ਦੇ ਰਾਸ਼ਟਰਪਤੀ ਨੂੰ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। 74ਵੇਂ ਗਣਤੰਤਰ ਦਿਵਸ ‘ਤੇ ਦੇਸ਼ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅਸੀਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੁੰਦੇ ਹਾਂ।”