ਪੰਜਾਬ ਸਰਕਾਰ ਨੇ 21 ਫਰਵਰੀ 2023 ਤੱਕ ਸੂਬੇ ਭਰ ਦੇ ਸਾਰੇ ਨਿੱਜੀ ਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿਚ ਸਾਈਨ ਬੋਰਡ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਤੇ ਸੰਸਕ੍ਰਿਤੀ ਨੂੰ ਬੜ੍ਹਾਵਾ ਦੇਣ ਲਈ ਆਖਰੀ ਅਲਟੀਮੇਟਮ ਜਾਰੀ ਕਰ ਦਿੱਤਾ ਗਿਆ ਹੈ। ਅਜਿਹਾ ਨਾ ਕਰਨ ‘ਤੇ 21 ਫਰਵਰੀ ਤੋਂ ਬਾਅਦ ਜੁਰਮਾਨਾ ਲਗਾਇਆ ਜਾਵੇਗਾ ਤੇ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਸਾਈਨ ਬੋਰਡਾਂ ‘ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇ। CM ਮਾਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ ਜਿਸ ਦੇ ਆਧਾਰ ’ਤੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗ ਮੁਖੀਆਂ, ਸਾਰੇ ਡਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਵਿਸ਼ਵ ਵਿਦਿਆਲਿਆਂ ਦੇ ਵਾਈਸ ਚਾਂਸਲਰਾਂ ਨੂੰ ਪੱਤਰ ਜਾਰੀ ਕਰ ਕਿਹਾ ਹੈ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ। ਦੱਸ ਦੇਈਏ ਕਿ CM ਮਾਨ ਨੇ ਪਿਛਲੇ ਸਾਲ ਨਵੰਬਰ ਮਹੀਨੇ ਦੇ ਦੌਰਾਨ ਅੰਮ੍ਰਿਤਸਰ ਵਿਚ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਸੀ। ਇਸ ਨਾਲ ਹੀ ਸੂਬਾ ਸਰਕਾਰ ਨੇ 21 ਫਰਬਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਉਣ ਦੇ ਲਈ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਨਾਂ ਤੇ ਦੁਕਾਨਾਂ ਨੂੰ ਪੰਜਾਬੀ ਵਿਚ ਸਾਈਨ ਬੋਰਡ ਲਗਾਉਣ ਲਈ ਸੱਦਾ ਦਿਤਾ।