ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਲਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਐਤਵਾਰ ਨੂੰ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਲਾਂਚ ਕੀਤਾ ਗਿਆ ਹੈ। ਇਸ ਨੂੰ ਲੁਧਿਆਣਾ ਵਿੱਚ ਜੰਗਲਾਤ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਾਂਚ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪੋਰਟਲ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ CM ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲੱਕੜ ਦੀ ਵਿਕਰੀ ਅਤੇ ਖਰੀਦ ਵੱਡੇ ਪੱਧਰ ’ਤੇ ਅਸੰਗਠਿਤ ਮੰਡੀਆਂ ਰਾਹੀਂ ਹੁੰਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਰਹੀ ਕਿਸਾਨ ਆਪਣੀ ਪਸੰਦ ਦੀ ਕਿਸੇ ਵੀ ਥਾਂ ‘ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ, ਜਿਸ ਨਾਲ ਉਹ ਜੰਗਲਾਤ ਦੀ ਖੇਤੀ ਵੱਲ ਉਤਸ਼ਾਹਿਤ ਹੋਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ ਅਤੇ ਉਨ੍ਹਾਂ ਨੂੰ ਆਪਣੀ ਆਮਦਨ ਵਧਾਉਣ ਵਿੱਚ ਮਦਦ ਕਰੇਗਾ। ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪੋਰਟਲ ਸੂਬੇ ਦੇ ਕਿਸਾਨ ਭਾਈਚਾਰੇ ਲਈ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ। ਇਸ ਦੇ ਨਾਲ ਹੀ ਉਦਯੋਗ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਆਪਸੀ ਤਾਲਮੇਲ ਵਿੱਚ ਵੀ ਮਦਦ ਮਿਲੇਗੀ।

Leave a Reply

Your email address will not be published. Required fields are marked *