ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਮਹੀਨਿਆਂ ਦੀ ਪੈਰੋਲ ’ਤੇ ਆਏ ਗੁਰਦੀਪ ਸਿੰਘ ਖੇੜਾ ਨਾਲ ਮੁਲਾਕਾਤ ਕੀਤੀ। ਐਸਜੀਪੀਸੀ ਪ੍ਰਧਾਨ ਨੇ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਇਸ ਮੌਕੇ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚੱਲ ਰਹੇ ਸੰਘਰਸ਼ ਬਾਰੇ ਵੀ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਗੁਰਦੀਪ ਸਿੰਘ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਖੇੜਾ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਗੁਰਦੀਪ ਸਿੰਘ ਨੂੰ 6 ਫਰਵਰੀ ਨੂੰ ਦੋ ਮਹੀਨਿਆਂ ਦੀ ਪੈਰੋਲ ਮਿਲੀ ਸੀ।