ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਖੇਡ ਮੰਤਰੀ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ। ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਤੇ ਓਵਰ ਆਲ ਚੌਥਾ ਖਿਡਾਰੀ ਬਣਿਆ। 23 ਵਰ੍ਹਿਆਂ ਦਾ ਅਕਸ਼ਦੀਪ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦਾ ਰਹਿਣ ਵਾਲਾ ਹੈ। ਅਕਸ਼ਦੀਪ ਸਿੰਘ ਦੇ ਨਾਲ ਉਸ ਦੇ ਕੋਚ ਗੁਰਦੇਵ ਸਿੰਘ ਵੀ ਮੌਜੂਦ ਸਨ।