ਪੰਜਾਬ ਚ ਆਪ੍ਰੇਸ਼ਨ ਸੀਲ ਸ਼ੁਰੂ, 6378 ਵਾਹਨਾਂ ਦੀ ਚੈਕਿੰਗ, 33 FIR ਦਰਜ, ਨਸ਼ੀਲੇ ਪਦਾਰਥ ਸਣੇ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਨੇ ਐਤਵਾਰ ਨੂੰ 10 ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜਿਕ ਅਨਸਰਾਂ ਵਿਰੁੱਧ ਆਪਣੀ ਪਕੜ ਨੂੰ ਹੋਰ ਸਖ਼ਤ ਕਰਦਿਆਂ ਆਪ੍ਰੇਸ਼ਨ ਸੀਲ ਸ਼ੁਰੂ ਕੀਤਾ। ਇਸ ਕਾਰਵਾਈ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਕੁੱਲ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 366 ਦੇ ਚਲਾਨ ਕੀਤੇ ਗਏ, ਜਦਕਿ 32 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਐਤਵਾਰ ਸਵੇਰੇ ਪੰਜਾਬ ਪੁਲਿਸ ਨੇ ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਸ਼ਾਮਲ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ ਆਪ੍ਰੇਸ਼ਨ ਸੀਲ ਸ਼ੁਰੂ ਕੀਤਾ ਗਿਆ। ਇਸ ਦੌਰਾਨ ਉਕਤ ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰ ਅਤੇ DSP ਪੱਧਰ ਦੇ 1600 ਪੁਲਿਸ ਮੁਲਾਜ਼ਮ ਸ਼ਾਮਲ ਸਨ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ ਕਰੀਬ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਆਪ੍ਰੇਸ਼ਨ ‘ਚ ਹੁਣ ਤੱਕ 33 FIR ਦਰਜ ਕਰਕੇ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 70 ਕਿਲੋ ਭੁੱਕੀ, ਇੱਕ ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। DGP ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਕਤ ਜ਼ਿਲ੍ਹਿਆਂ ਦੇ SSP ਅਤੇ ਪੁਲਿਸ ਹੈੱਡਕੁਆਰਟਰ ਦੇ ਅਧਿਕਾਰੀਆਂ ਨੇ ਵੀ ਇਸ ਅਪਰੇਸ਼ਨ ਵਿੱਚ ਹਿੱਸਾ ਲਿਆ ਸੀ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ, ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ਨੂੰ ਰੋਕਣਾ ਹੈ। ਇਸ ਆਪ੍ਰੇਸ਼ਨ ਵਿੱਚ ਉਨ੍ਹਾਂ ਕੋਸ਼ਿਸ਼ ਕੀਤੀ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *