ਮੁੱਖ ਸਾਜ਼ਿਸ਼ਕਰਤਾ ਸੁਖਬੀਰ ਬਾਦਲ ਤੇ ਸੁਮੇਧ ਸੈਣੀ, ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਸ਼ਾਮਲ 

ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਬਣਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਚਲਾਨ ਵਿਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਮ ਰਾਜ ਉਮਰਾਨੰਗਲ, DIG ਅਮਰ ਸਿੰਘ ਚਾਹਲ, SSP ਸੁਖਮੰਦਰ ਸਿੰਘ ਮਾਨ, SSP ਚਰਨਜੀਤ ਸਿੰਘ ਤੇ SHO ਗੁਰਦੀਪ ਸਿੰਘ ਦਾ ਨਾਂ ਵੀ ਸ਼ਾਮਲ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਚਲਾਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਕਿਹਾ ਕਿ ਚਲਾਨ ਵਿਚ ਉਹਨਾਂ ਦਾ ਨਾਂਅ ਪਾਉਣ ਲਈ ਸਰਕਾਰ ਨੇ ਖੁਦ ਕਿਹਾ ਸੀ ਪਰ ਮੈਂ ਘਟਨਾ ਵਾਲੇ ਦਿਨ ਇੱਥੇ ਹੈ ਹੀ ਨਹੀਂ ਸੀ ਤੇ ਜੇ ਸੀ ਤਾਂ ਫਿਰ ਸਾਬਿਤ ਕੀਤਾ ਜਾਵੇ ਤੇ ਇਹ ਵੀ ਸਬੂਤ ਦਿੱਤੇ ਜਾਣ ਕਿ ਮੈਂ ਕਿਸੇ ਵੀ ਅਫਸਰ ਨਾਲ ਫੋਨ ‘ਤੇ ਇਸ ਬਾਰੇ ਗੱਲਬਾਤ ਕੀਤੀ ਹੋਵੇ। ਉਹਨਾਂ ਨੇ ਕਿਹਾ ਕਿ ਝੂਠ ਜਿਸ ਨੇ ਬੋਲਣਾ ਹੈ ਉਹ ਬੋਲ ਸਕਦਾ ਹੈ ਪਰ ਇਹ ਸਭ ਪੂਰਾ ਰਾਜਨੀਤੀ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਗੁਰੂ ਸਾਹਿਬ ਦੇ ਅੰਗ ਕਈ ਮਹੀਨਿਆਂ ਬਾਅਦ ਨਜ਼ਦੀਕੀ ਪਿੰਡ ਬਰਗਾੜੀ ਤੋਂ ਮਿਲੇ ਸਨ। ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਪੁਲਿਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਵਿਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਐੱਸ. ਆਈ. ਟੀ. ਬਣੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Leave a Reply

Your email address will not be published. Required fields are marked *