ਲੁਧਿਆਣਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਇਥੇ ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕੇਬੰਦੀ ਦੌਰਾਨ ਪਤੀ-ਪਤਨੀ ਨੂੰ 2 ਕਿੱਲੋ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਡੀ. ਐੱਸ. ਪੀ. ਦਵਿੰਦਰ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਪਤੀ-ਪਤਨੀ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਦੋਸ਼ੀਆ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਔਰਤ ਦੇ ਪਿਤਾ ਅਤੇ ਭਰਾ ਵੀ ਨਸ਼ਾ ਤਸਕਰੀ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਪਤੀ ਪਤਨੀ ਤੋਂ ਅੱਗੇ ਦੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਕਿਨ੍ਹਾਂ-ਕਿਨ੍ਹਾਂ ਨੂੰ ਸਪਲਾਈ ਕਰਦੇ ਸਨ। ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।