ਮਾਨ ਸਰਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਦਾ ਯਤਨ ਕਰ ਰਹੀ ਹੈ। ਇਸ ਦੇ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਰਹੀ। ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ 12 ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ‘ਤੇ ਕੰਮ ‘ਚ ਲਾਪਰਵਾਹੀ ਵਰਤਣ ‘ਤੇ ਨੋਟਿਸ ਲਿਆ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁਲਾਜ਼ਮਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ 3 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਮਿੱਥੇ ਸਮੇਂ ਅੰਦਰ ਜਵਾਬ ਨਾ ਦੇਣ ‘ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦਰਅਸਲ, ਮੰਤਰੀ ਨੇ ਮੰਗਲਵਾਰ ਨੂੰ ਐਨਓਸੀ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਪਰ ਕਰਮਚਾਰੀ ਅਤੇ ਅਧਿਕਾਰੀ ਮੀਟਿੰਗ ਵਿੱਚ ਦੇਰੀ ਨਾਲ ਪਹੁੰਚੇ। ਇਸ ‘ਤੇ ਮੰਤਰੀ ਅਮਨ ਅਰੋੜਾ ਨੇ ਇਸ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਸਰਕਾਰ ਆਪਣੇ ਕੰਮਾਂ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪੁੱਜਣ ਅਤੇ ਆਪਣੀ ਡਿਊਟੀ ਵਿੱਚ ਲਾਪਰਵਾਹੀ ਨਾ ਵਰਤਣ। ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (DTP) ਸੁਮਨ ਗੁਪਤਾ, DTP ਰਿਤਿਕਾ ਅਰੋੜਾ ਅਤੇ DTP ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ATP) ਗਗਨ ਚੋਪੜਾ, ATP ਅਮਰਿੰਦਰਜੀਤ ਸਿੰਘ, ਯੋਜਨਾ ਅਫ਼ਸਰ ਪਰਮਜੀਤ ਸਿੰਘ, ਯੋਜਨਾ ਅਫ਼ਸਰ ਭੁਪਿੰਦਰ ਕੌਰ, ADO ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ ਅਤੇ ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਤਿੰਨ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਨਾਲ ਹੀ 42 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਮੰਤਰੀ ਅਮਨ ਅਰੋੜਾ ਨੇ ਕਈ ਅਰਜ਼ੀਆਂ ਅਤੇ ਫਾਈਲਾਂ ਲੰਮੇ ਸਮੇਂ ਤੋਂ ਪੈਂਡਿੰਗ ਰੱਖਣ ਕਾਰਨ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਸੀ।