ਅਜਨਾਲਾ ਕਾਂਡ ਨੂੰ ਲੈ ਕੇ ਵਿਰੋਧੀ ਹਮਲੇ ‘ਤੇ ਬੋਲੇ CM ਮਾਨ, ‘ਫਿਰਕੂ ਭਾਵਨਾਵਾਂ ਭੜਕਾ ਸਿਆਸੀ ਰੋਟੀਆਂ ਸੇਕ ਰਹੇ’

ਵਿਰੋਧੀ ਪਾਰਟੀਆਂ ਵੱਲੋਂ ਅਜਨਾਲਾ ਕਾਂਡ ‘ਤੇ ਕੀਤੇ ਹਮਲੇ ਤੋਂ ਬਾਅਦ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਾਰਾ ਜਵਾਬ ਦਿੱਤਾ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਫੁੱਟ ਪਾਓ ਅਤੇ ਰਾਜਨੀਤੀ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਉਕਤ ਪਾਰਟੀਆਂ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦੇ ਸੁਪਨੇ ਦੇਖ ਰਹੀਆਂ ਹਨ। ਇਹ ਕਦੇ ਵੀ ਪੂਰਾ ਨਹੀਂ ਹੋਵੇਗਾ। ਇੱਕ ਬਿਆਨ ਵਿੱਚ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਬਾਰੇ ਹਰ ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਰਾਜ ਵਿੱਚ ਹੋ ਰਹੀਆਂ ਘਟਨਾਵਾਂ ‘ਤੇ ਸਖਤ ਨਜ਼ਰ ਰਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਕੋਈ ਸਿਆਸੀ ਮੁੱਦਾ ਨਾ ਹੋਣ ਕਾਰਨ ਸਿਆਸੀ ਪਾਰਟੀਆਂ ਹੇਠਲੇ ਪੱਧਰ ‘ਤੇ ਉਤਰ ਆਈਆਂ ਹਨ। ਨਾਲ ਹੀ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਲਾਭ ਲੈਣ ਲਈ ਵਿਰੋਧੀ ਪਾਰਟੀਆਂ ਫਿਰਕੂਵਾਦ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ। ਸੀ.ਐੱਮ. ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ, ਸੰਤਾਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਤੇ ਭਾਈਚਾਰੇ ਦਾ ਰਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖਤ ਮਿਹਨਤ ਕਰ ਅਹਿਮ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਰਾਜ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *