ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ ਛਾਪੇਮਾਰੀ ਕਰਕੇ ਪਿੰਡ ਧਨਾਨਸੂ ਵਿਖੇ ਸਰਕਾਰੀ ਮਾਈਨਿੰਗ ਵਾਲੀ ਥਾਂ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇਕ ਜੇ.ਸੀ.ਬੀ. ਨੂੰ ਜ਼ਬਤ ਕੀਤਾ ਹੈ। ਇਸ ਮਾਮਲੇ ਵਿਚ ਧਾਰਾ 353 (ਸਰਕਾਰੀ ਕਰਮਚਾਰੀ ਨੂੰ ਉਸਦੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਤਾਕਤ), 379 (ਜੋ ਕੋਈ ਵੀ, ਚੋਰੀ ਕਰਨ ਦੇ ਇਰਾਦੇ ਨਾਲ), 186 (ਜੋ ਕੋਈ ਵੀ ਵਿਅਕਤੀ ਸਵੈ-ਇੱਛਾ ਨਾਲ ਕਿਸੇ ਸਰਕਾਰੀ ਕਰਮਚਾਰੀ ਨੂੰ ਉਸ ਦੇ ਜਨਤਕ ਕਾਰਜਾਂ ਦੇ ਕੰਮ ਵਿੱਚ ਰੁਕਾਵਟ ਪਾਉਂਦਾ ਹੈ) ਦੇ ਤਹਿਤ ਕੁਲਦੀਪ ਸਿੰਘ, ਰਣਧੀਰ ਸਿੰਘ, ਹਰਭਜਨ ਸਿੰਘ ਅਤੇ ਹੋਰਾਂ ਵਿਰੁੱਧ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਮੇਹਰਬਾਨ ਪੁਲਿਸ ਸਟੇਸ਼ਨ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ 1957 ਦੀ 506 (ਅਪਰਾਧਿਕ ਧਮਕੀ) ਅਤੇ 21 ਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਮੇਤ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ, ਅੰਕਿਤ ਕੁਮਾਰ, ਪਰਵੇਸ਼ ਸ਼ੁਕਲਾ ਸਮੇਤ ਸਥਾਨਕ ਪੁਲਿਸ ਨੇ ਧਨਾਨਸੂ ਅਤੇ ਭੂਖੜੀ ਵਿਖੇ ਛਾਪੇਮਾਰੀ ਕਰਕੇ ਉੱਥੇ ਨਾਜਾਇਜ਼ ਮਾਈਨਿੰਗ ਕਰਦੇ ਪੰਜ ਟਿੱਪਰ ਅਤੇ ਤਿੰਨ ਜੇ.ਸੀ.ਬੀ. ਜ਼ਬਤ ਕੀਤੇ ਹਨ, ਜਦੋਂ ਟੀਮਾਂ ਕਬਜ਼ਾ ਕਰਨ ਵਾਲਿਆਂ ਦੀ ਚੈਕਿੰਗ ਕਰਨ ਗਈਆਂ ਤਾਂ ਉਨ੍ਹਾਂ ਨੇ ਕਥਿਤ ਤੌਰ ‘ਤੇ ਟੀਮਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦੋ ਜੇ.ਸੀ.ਬੀ. ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਜਿਸ ਤੋਂ ਬਾਅਦ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਜ਼ਬਤ ਕੀਤਾ ਟਿੱਪਰ ਅਤੇ ਇੱਕ ਜੇਸੀਬੀ ਪੁਲਿਸ ਹਵਾਲੇ ਕਰ ਦਿੱਤਾ। ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਕੁਤਾਹੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ਵਿਚ ਨਾ ਲੈ ਸਕੇ। ਪੰਜਾਬ ਵਿਚੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਲਈ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।