ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਨਾਲ ਹੀ ਇਸ ਨਾਲ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।