ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਚਕਾਰ ਅੱਜ ਅਹਿਮ ਮੀਟਿੰਗ ਹੋਈ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ। CM ਸੁੱਖੂ ਨੇ ਦੱਸਿਆ ਕਿ CM ਭਗਵੰਤ ਮਾਨ ਨਾਸ਼ਤੇ ਦੇ ਸੱਦੇ ‘ਤੇ ਆਏ ਹਨ। ਉਨ੍ਹਾਂ ਪੰਜਾਬ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਦੱਸਦਿਆਂ ਮੁੱਖ ਮੰਤਰੀ ਮਾਨ ਨੂੰ ਹਿਮਾਚਲ ਪ੍ਰਦੇਸ਼ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਸੀ.ਐੱਮ. ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸੀ.ਐੱਮ. ਸੁੱਖੂ ਨਾਲ ਬਿਜਲੀ ਸਬੰਧੀ ਗੱਲਬਾਤ ਹੋਈ। ਕਿਉਂਕਿ ਪੰਜਾਬ ਨੂੰ ਕਣਕ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਲਈ ਹਿਮਾਚਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਪੰਜਾਬ ਨੂੰ ਦੂਰ-ਦੁਰਾਡੇ ਦੇ ਰਾਜਾਂ ਤੋਂ ਮਹਿੰਗੀ ਬਿਜਲੀ ਮਿਲਦੀ ਹੈ, ਪਰ ਹਿਮਾਚਲ ਤੋਂ ਬਿਜਲੀ ਮਿਲਣ ਨਾਲ ਟਰਾਂਸਮਿਸ਼ਨ ਦੇ ਵਾਧੂ ਖਰਚੇ ਬਚਣਗੇ। ਹਿਮਾਚਲ ਸਰਕਾਰ ਨੇ ਕਿਸੇ ਨਾ ਕਿਸੇ ਸੂਬੇ ਨੂੰ ਬਿਜਲੀ ਦੇਣੀ ਹੁੰਦੀ ਹੈ। ਇਸ ਕਾਰਨ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਮਿਲ ਕੇ ਕੰਮ ਕਰਨਗੀਆਂ। ਹਿਮਾਚਲ ਅਤੇ ਪੰਜਾਬ ਦਾ ਸੱਭਿਆਚਾਰ ਸਮਾਨ ਹੈ। ਜਦੋਂ ਸੀ.ਐੱਮ. ਮਾਨ ਨੂੰ ਪਾਣੀ ਦੇ ਸੈੱਸ ‘ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਲਤਫਹਿਮੀ ਦੂਰ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਦੋਵਾਂ ਰਾਜਾਂ ਦਰਮਿਆਨ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਹੈੱਡਕੁਆਰਟਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਹੋਰਨਾਂ ਵਿਰੋਧੀ ਪਾਰਟੀਆਂ ਨੂੰ ਵੀ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਗੱਲ ਕਹੀ ਹੈ। ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਅਤੇ ਹਿਮਾਚਲ ਦੇ ਸੀ.ਐੱਮ. ਸੁਖਵਿੰਦਰ ਸਿੰਘ ਸੁੱਖੂ ਦੀ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।