ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ 28,362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ PSPCL ‘ਚ 1320 ਅਸਿਸਟੈਂਟ ਲਾਈਨਮੈਨ ਦੀ ਨੌਕਰੀ ਲਈ ਚੁਣੇ ਗਏ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ ਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਰੁਜ਼ਗਾਰ ਸਾਡੀ ਪਹਿਲ ਹੈ। ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।” ਮੁੱਖ ਮੰਤਰੀ ਮਾਨ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।