ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ, ਐਮਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ ਸਵੇਰ ਤੋਂ ਹੀ ਇਕੱਠੇ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ। ਦੱਸ ਦਈਏ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (59 ) 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸੀ। ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕਾਬਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ 51 ਹੋਰ ਕੈਦੀਆਂ ਦੀ ਛੇਤੀ ਰਿਹਾਈ ਲਈ ਫਾਈਲ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਕੀਮ ਤਹਿਤ ਜੇਲ੍ਹ ਵਿਭਾਗ ਵੱਲੋਂ ਜਨਵਰੀ ਵਿੱਚ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਨੇ ਕੋਈ ਰਾਹਤ ਨਹੀਂ ਦਿੱਤੀ ਸੀ। ਹੁਣ ਉਸ ਨੂੰ 48 ਦਿਨਾਂ ਦੀ ਛੋਟ ਮਿਲਣ ਤੋਂ ਬਾਅਦ 1 ਅਪ੍ਰੈਲ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਸ ਨੂੰ 16 ਮਈ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ। ਜੇਲ੍ਹ ਅਧਿਕਾਰੀਆਂ ਮੁਤਾਬਕ ਸਿੱਧੂ ਨੂੰ ਚੰਗੇ ਆਚਰਣ ਕਾਰਨ 1 ਅਪ੍ਰੈਲ ਨੂੰ ਜਲਦੀ ਰਿਹਾਈ ਮਿਲ ਜਾਵੇਗੀ। ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਦੀ ਪਤਨੀ ਨੇ ਟਵੀਟ ਕਰਕੇ ਆਪਣੇ ਕੈਂਸਰ ਦੀ ਜਾਂਚ ਅਤੇ ਆਪਰੇਸ਼ਨ ਦੀ ਜਾਣਕਾਰੀ ਦਿੱਤੀ ਸੀ।