ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ; ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਉਠਾਈ ਮੰਗ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ‘ਚ ਹਾਲ ਹੀ ‘ਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਜਿਹੀ ਸਥਿਤੀ ‘ਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੀ ਤਰਫੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ। ਜਾਣਕਾਰੀ ਮੁਤਾਬਕ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਬਾਰਿਸ਼ ਕਾਰਨ ਫਸਲਾਂ ਦਾ  ਨੁਕਸਾਨ ਜਾਣਨ ਲਈ ਉਨ੍ਹਾਂ ਨੇ ਖੇਤਾਂ ਦਾ ਦੌਰਾ ਵੀ ਕੀਤਾ। ਰਾਘਵ ਚੱਢਾ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਪੰਜਾਬ ‘ਚ ਕਰੀਬ 14 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਨੂੰ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ‘ਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਨੇ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਰਾਘਵ ਚੱਢਾ ਨੇ ਬਰਬਾਦ ਹੋਈ ਫ਼ਸਲ ਦੇ ਸੈਂਪਲ ਵੀ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਦੇ ਨਾਲ ਲਿਫਾਫੇ ‘ਚ ਭੇਜੇ ਹਨ। ਕਿਉਂਕਿ ਕਿਸਾਨਾਂ ਦਾ ਤਰਕ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਫ਼ਸਲਾਂ ਦਾ ਨੁਕਸਾਨ ਕਿਵੇਂ ਹੋਇਆ।

Leave a Reply

Your email address will not be published. Required fields are marked *