ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਵੇਰੇ 4.35 ਵਜੇ ਦੀ ਦੱਸੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਤਲਾਸ਼ੀ ਮੁਹਿੰਮ ਵੀ ਜਾਰੀ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਦਹਿਸ਼ਤੀ ਕੋਣ ਨਹੀਂ ਹੈ। ਕੋਈ ਅੱਤਵਾਦੀ ਹਮਲੇ ਦਾ ਮਾਮਲਾ ਨਹੀਂ-ਐਸਐਸਪੀ ਕੈਂਟ ਇਲਾਕੇ ਚ ਫਾਇਰਿੰਗ ’ਤੇ ਬਠਿੰਡਾ ਐਸਐਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਇਹ ਫੌਜ ਦਾ ਅੰਦਰੂਨੀ ਮਾਮਲਾ ਹੈ। ਇਹ ਕਿਸੇ ਵੀ ਤਰ੍ਹਾਂ ਦਾ ਕੋਈ ਅੱਤਵਾਦੀ ਹਮਲੇ ਦਾ ਮਾਮਲਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਆਰਮੀ ਦੇ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਫਾਇਰਿੰਗ ਦਾ ਅੱਤਵਾਦੀ ਹਮਲੇ ਨਾਲ ਕੋਈ ਸਬੰਧ ਨਹੀਂ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਫਾਇਰਿੰਗ ਆਰਮੀ ਆਫਿਸਰ ਸੈੱਸ ’ਚ ਹੋਈ ਹੈ। ਫੌਰੈਂਸਿਕ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ। ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਬੰਧੀ ਰਿਪੋਰਟ ਵੀ ਮੰਗੀ ਹੈ।