ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ। ਦੱਸ ਦੇਈਏ ਕਿ ਇਸ ਸਾਲ ਦੇ ਪਹਿਲੇ ਮਹੀਨੇ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ।