10 ਮਈ ਨੂੰ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸੇ ਲੜੀ ਦੇ ਤਹਿਤ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।ਦਰਅਸਲ ਜਲੰਧਰ ਤੋਂ ਭਾਜਪਾ ਦੇ ਵੱਡੇ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ। ਦੂਜੇ ਪਾਸੇ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਬੇਟੇ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅਟਵਾਲ ਨੇ 9 ਅਪ੍ਰੈਲ ਨੂੰ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਅਸਤੀਫ਼ਾ ਦਿੱਤਾ ਸੀ ਅਤੇ ਉਸੇ ਦਿਨ ਹੀ ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ।