ਭਾਰਤੀ ਜਨਤਾ ਪਾਰਟੀ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ। ਦੱਸਣਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ। ਅਕਾਲੀ ਦਲ ਛੱਡ ਭਾਜਪਾ ਵਿਚ ਸ਼ਾਮਲ ਹੋਣ ਦੇ ਕਰੀਬ ਤਿੰਨ ਦਿਨ ਬਾਅਦ ਹੀ ਉਨ੍ਹਾਂ ਨੂੰ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿਤਾ ਗਿਆ ਸੀ। ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਾਜਪਾ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਆਗੂ ਤਰੁਣ ਚੁੱਗ ਸਮੇਤ ਹੋਰ ਕਈ ਵੱਡੇ ਆਗੂ ਵੀ ਮੌਜੂਦ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦੇ ਜ਼ਰੀਏ ਪਾਰਟੀ ਦਿਹਾਤੀ ਖੇਤਰਾਂ ‘ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ। ਇੰਦਰ ਇਕਬਾਲ ਸਿੰਘ ਅਟਵਾਲ ਦਾ ਕਹਿਣ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਆਏ ਹਨ। ਪ੍ਰਧਾਨ ਮੰਤਰੀ ਨੇ ਦਲਿਤਾਂ, ਸਿੱਖਾਂ ਅਤੇ ਗਰੀਬਾਂ ਨੂੰ ਪੂਰਾ ਸਨਮਾਨ ਦਿੱਤਾ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹ ਕੇ ਇਤਿਹਾਸਕ ਕੰਮ ਕੀਤਾ ਹੈ। ਅੰਬੇਡਕਰ ਦੀ 125ਵੀਂ ਬਰਸੀ ‘ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਸਿਪਾਹੀ ਹੋਣ ਦੇ ਨਾਤੇ ਪਾਰਟੀ ਵਿੱਚ ਦਲਿਤਾਂ ਦੇ ਵਿਕਾਸ ਲਈ ਕੰਮ ਕਰਾਂਗਾ।