ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਦੇ ਸੂਰਤ ਦੀ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਕੋਰਟ ਨੇ ਰਾਹੁਲ ਦੀ ਉਸ ਅਰਜ਼ੀ ਨੂੰ ਖਾਰਿਜ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ‘ਮੋਦੀ ਸਰਨੇਮ’ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਕਾਂਗਰਸ ਸੈਸ਼ਨ ਕੋਰਟ ਦੇ ਇਸ ਫ਼ੈਸਲੇ ਦੇ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਦਰਅਸਲ, ਰਾਹੁਲ ਗਾਂਧੀ ਨੇ 2019 ਲੋਕ ਸਭਾ ਚੋਣਾਂ ਦੇ ਦੌਰਾਨ ਕਰਨਾਟਕ ਵਿੱਚ ਇੱਕ ਰੈਲੀ ਦੌਰਾਨ ‘ਮੋਦੀ ਸਰਨੇਮ’ ਨੂੰ ਲੈ ਕੇ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਭਾਜਪਾ ਵਿਧਾਇਕ ਨੇ ਰਾਹੁਲ ਦੇ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਚਾਰ ਸਾਲ ਬਾਅਦ 23 ਮਾਰਚ ਨੂੰ ਸੂਰਤ ਦੀ ਹੇਠਲੀ ਅਦਾਲਤ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ।