ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ਨੂੰ ਜਲੰਧਰ ਜਿਮਨੀ ਚੋਣ ਵਿਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੈਂਸ ਨੇ ਆਖਿਆ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੇ ਲੋਕ ਇਕ ਸਾਲ ਵਿਚ ਹੀ ਇਸ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੀ ਦਿਲੀ ਇੱਛਾ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇ। ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕੇਂਦਰ ਵਿਚ 2024 ਵਿਚ ਮੁੜ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੇ ਤੇ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕਰਨ ਵਿੱਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਰਹੀ ਹੈ।