ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣ (Jalandhar by-election) ਵਾਸਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ- ”ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ.. ਇਸ ਦੌਰਾਨ ਜਲੰਧਰ ਚੋਣ ਲਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਹਨ। ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਸਿਰੇ ਚੜ੍ਹਾਉਣ ਲਈ ਪੋਲਿੰਗ ਬੂਥਾਂ ’ਤੇ ਅੱਠ ਹਜ਼ਾਰ ਦੇ ਕਰੀਬ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲੋਕ ਸਭਾ ਹਲਕੇ ਦੇ 16,21,800 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਇਸ ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਉੱਤਰੇ ਹਨ। ਲੋਕ ਸਭਾ ਹਲਕਾ ਜਲੰਧਰ ਵਿੱਚ ਬਣੇ 1972 ਪੋਲਿੰਗ ਬੂਥਾਂ ’ਤੇ ਵੋਟਾਂ ਪੁਆਉਣ ਵਾਲੀਆਂ ਪੋਲਿੰਗ ਟੀਮਾਂ ਕੱਲ੍ਹ ਸ਼ਾਮ ਹੀ ਈਵੀਐੱਮ ਮਸ਼ੀਨਾਂ ਨਾਲ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਲਈ ਰਵਾਨਾ ਹੋ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦਾਇਰੇ ’ਚ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕੀਤਾ ਜਾ ਸਕਦਾ।