ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। 6 ਦਿਨ ਪਹਿਲਾਂ ਹੋਈ ਸੁਣਵਾਈ ਵਿਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿਤੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਦਾ ਖ਼ਤਰਾ ਹੈ। ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ। ਇਸ ਤੋਂ ਬਾਅਦ 5 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਸਮੀਖਿਆ ਲਈ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਪਿਛਲੀ ਤਰੀਕ ‘ਤੇ ਕੇਂਦਰੀ ਏਜੰਸੀਆਂ ਤੋਂ ਜਾਣਕਾਰੀ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ਵਿਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇਕ ਹੋਰ ਸਿੱਧੂ ਨੂੰ ਵੀ ਮਰਵਾਉਣਾ ਚਾਹੁੰਦੀ ਹੈ।