ਅਮਨ ਅਰੋੜਾ ਵਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ। ਇਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ। ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ ਵਿੱਚ ਲਗਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ। ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀ.ਏ.ਪੀ.ਐਫ.) ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਸੀ-ਪਾਈਟ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਸੀ-ਪਾਈਟ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਠੋਸ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਸਕੱਤਰ ਰੋਜ਼ਗਾਰ ਉਤਪਤੀ ਕੁਮਾਰ ਰਾਹੁਲ, ਡਾਇਰੈਕਟਰ ਦੀਪਤੀ ਉੱਪਲ, ਡਾਇਰੈਕਟਰ ਤਕਨੀਕੀ ਸਿੱਖਿਆ ਡੀ.ਪੀ.ਐਸ.ਖਰਬੰਦਾ, ਜੁਆਇੰਟ ਡਾਇਰੈਕਟਰ ਸੰਜੀਦਾ ਬੇਰੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *